
Amritsar,(Sada Channel News):- ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ,ਇਸ ਨਾਲ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲਗਦਾ ਹੈ,ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਸੁਪਰੀਮ ਕੋਰਟ ਵੱਲੋਂ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਬਾਰੇ ਆਏ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ।
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਕਿਹਾ ਕਿ ਅੱਠ ਸਾਲ ਦੇ ਲੰਮੇ ਅਰਸੇ ਬਾਅਦ ਇਸ ਕੇਸ ਸਬੰਧੀ ਚਲਾਨ ਪੇਸ਼ ਹੋਇਆ ਸੀ,ਜਿਸ ਵਿਚ ਡੇਰਾ ਪ੍ਰੇਮੀਆਂ ਦੇ ਨਾਲ ਸੌਦਾ ਸਾਧ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ,ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਇਸ ਸੰਵੇਦਨਸ਼ੀਲ ਮਾਮਲੇ ਪ੍ਰਤੀ ਮੌਜੂਦਾ ਪੰਜਾਬ ਸਰਕਾਰ ਨੇ ਕੇਸ ਦੀ ਮਜਬੂਤ ਪੈਰਵਾਈ ਨਹੀਂ ਕੀਤੀ,ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਵੀ ਬੇਅਦਬੀ ਮਾਮਲਿਆਂ ’ਤੇ ਸਿਆਸਤ ਹੀ ਕਰਦੀ ਰਹੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਿੱਖਾਂ ਲਈ ਇਸ ਬੇਹੱਦ ਸੰਜੀਦਾ ਮਾਮਲੇ ’ਤੇ ਕੇਵਲ ਸਮਾਂ ਲੰਘਾ ਰਹੀ ਹੈ।
ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਪੰਜਾਬ ਸਰਕਾਰ ਹਰ ਹਾਲ ਵਿਚ ਇਸ ਮਾਮਲੇ ’ਤੇ ਆਪਣਾ ਮਜਬੂਤ ਪੱਖ ਰੱਖਦੀ,ਪਰ ਸਰਕਾਰ ਦੀ ਨਕਾਮੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ,ਉਨ੍ਹਾਂ ਕਿਹਾ ਕਿ ਸਰਕਾਰਾਂ ਪਹਿਲਾਂ ਹੀ ਸੌਦਾ ਸਾਧ ’ਤੇ ਮਿਹਰਬਾਨ ਹਨ ਅਤੇ ਉਸ ਨੂੰ ਬਾਰ-ਬਾਰ ਪੈਰੋਲ ਦੇ ਕੇ ਵਿਸ਼ੇਸ਼ ਖਾਤਰਦਾਰੀ ਕੀਤੀ ਜਾ ਰਹੀ ਹੈ,ਅਜਿਹੇ ਵਿਚ ਬੇਅਦਬੀ ਮਾਮਲਿਆਂ ਦਾ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ’ਤੇ ਵੱਡਾ ਸਵਾਲ ਹੈ,ਉਨ੍ਹਾਂ ਬੇਅਦਬੀ ਮਾਮਲਿਆ ਦੀ ਸੁਣਵਾਈ ਬਾਹਰ ਜਾਣ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣੀ ਨਕਾਮੀ ਲਈ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ।
