

Amritsar, 8 November 2023,(Sada Channel News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ,ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੀ ਹਜ਼ੂਰੀ ਅੰਦਰ ਹੋਏ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ ਪਈਆਂ 137 ਵੋਟਾਂ ਵਿੱਚੋਂ 118 ਵੋਟਾਂ ਪ੍ਰਾਪਤ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ.ਉਨ੍ਹਾਂ ਦੇ ਮੁਕਾਬਲੇ ਪ੍ਰਧਾਨਗੀ ਦੀ ਚੋਣ ਲੜਨ ਲਈ ਖੜੇ ਸ. ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ, ਜਦਕਿ 2 ਵੋਟਾਂ ਰੱਦ ਹੋਈਆਂ। ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ,ਸ੍ਰੀ ਅਕਾਲ ਤਖ਼ਤ ਸਾਹਿਬ ਜੀਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ 137 ਮੈਂਬਰ ਮੌਜੂਦ ਰਹੇ।
